HomePunjabPunjab Rural Development and Panchayat Minister Punjab S. Laljit Singh Bhullar visited village Harnampur of Gram Panchayat Hirdapur today

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ 85 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ ਹਰਨਾਮਪੁਰਾ ਵਿਖੇ 85 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਉਤੇ ਉਦਯੋਗਪਤੀ ਤੋਂ ਲੈ ਕੇ ਪਿੰਡ ਵਾਸੀਆਂ ਵਲੋਂ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ ਜਿਸ ਨੂੰ ਹੁਣ ਛੁਡਵਾ ਲਿਆ ਗਿਆ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਤੋਂ ਇਸ ਜ਼ਮੀਨ ਦੀ ਮਲਕੀਅਤ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਨੂੰ ਸੌਂਪ ਦਿੱਤੀ ਗਈ ਹੈ ਜਿਸ ਦੀ ਕੀਮਤ ਚੰਡੀਗੜ੍ਹ ਦੇ ਨਜ਼ਦੀਕ ਹੋਣ ਸਦਕਾ 100 ਕਰੋੜ ਰੁਪਏ ਤੋਂ ਵੱਧ ਹੈ। ਇਹ ਜ਼ਮੀਨ ਬਹੁਤ ਉਪਜਾਊ ਵੀ ਹੈ ਜਿਸ ਵਿੱਚ ਅਮਰੂਦਾਂ ਦੇ ਬਾਗ, ਖੈਰ ਦੀ ਦਰਖਤ ਲੱਗੇ ਹੋਏ ਹਨ ਅਤੇ ਕਈ ਲੋਕਾਂ ਵਲੋਂ ਕਬਜ਼ਾ ਕਰਕੇ ਖੇਤੀ ਵੀ ਕੀਤੀ ਜਾ ਰਹੀ ਹੈ। ਇਸ ਜ਼ਮੀਨ ਨੂੰ ਪਿੰਡ ਦੀ ਪੰਚਾਇਤ ਦੇ ਹਵਾਲੇ ਕਰਕੇ ਖੁੱਲ੍ਹੀ ਬੋਲੀ ਰਾਹੀਂ ਖੇਤੀ ਲਈ ਅੱਗੇ ਦਿੱਤਾ ਜਾਵੇਗਾ ਅਤੇ ਇਸ ਆਮਦਨ ਨੂੰ ਪਿੰਡ ਦੇ ਵਿਕਾਸ ਉਤੇ ਖਰਚਿਆ ਜਾਵੇਗਾ।

ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਜਿਹੜੇ ਲੋਕਾਂ ਦਾ ਜ਼ਮੀਨ ਉਤੇ ਕਬਜ਼ਾ ਸੀ, ਉਨ੍ਹਾਂ ਨੂੰ ਬੋਲੀ ਵਿਚ ਸ਼ਾਮਿਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਉਤੇ ਕਬਜ਼ਾ ਹਟਵਾਉਣ ਨਾਲ ਜਿਥੇ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉਥੇ ਨਾਲ ਹੀ ਪੰਚਾਇਤ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ, ਜਿਸ ਨੂੰ ਪਿੰਡਾਂ ਦੀ ਨੁਹਾਰ ਨੂੰ ਬਦਲਣ ਵਿੱਚ ਯਕੀਨਣ ਮੱਦਦ ਹੋਵੇਗੀ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਪਣੇ ਪਿੰਡਾਂ ਵਿੱਚ ਨਾਜਾਇਜ਼ ਕੀਤੇ ਗਏ ਕਬਜ਼ਿਆਂ ਨੂੰ ਛੁਡਵਾਉਣ ਵਿੱਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ। ਜਿਸ ਦੇ ਨਤੀਜੇ ਵਜੋਂ ਪੰਚਾਇਤਾਂ ਵਲੋਂ ਆਮਦਨ ਵਧਾਉਣ ਦਾ ਵਧੀਆ ਉਪਰਾਲਾ ਕੀਤਾ ਜਾ ਸਕਦਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਇਸੇ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ ਜਿਸ ਵਿੱਚ ਬਹੁਤ ਸਾਰੀਆਂ ਕਮਰਸ਼ੀਅਲ ਅਤੇ ਖੇਤੀਬਾੜੀ ਨਾਲ ਸਬੰਧਤ ਜ਼ਮੀਨਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਹੀ ਸ਼ਖਤੀ ਨਾਲ ਨਾਜਾਇਜ਼ ਕਬਜ਼ਿਆਂ ਪ੍ਰਤੀ ਕਾਰਵਾਈ ਕਰ ਰਹੀ ਹੈ ਅਤੇ ਭਵਿੱਖ ਵਿੱਚ ਜਿਨ੍ਹਾਂ ਨੇ ਵੀ ਪੰਚਾਇਤੀ ਜ਼ਮੀਨਾਂ ਤੇ ਨਾਜ਼ਾਇਜ਼ ਕਬਜ਼ਾ ਕੀਤਾ ਹੋਇਆ ਹੈ ਉਥੇ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਇਆ ਜਾਵੇਗਾ।

About Author

Posted By City Home News