
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਬਣ ਗਏ ਹਨ। ਜਨਰਲ ਇਜਲਾਸ ਵਿੱਚ 137 ਮੈਂਬਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਿਸ ਵਿੱਚੋਂ ਐਡਵੋਕੇਟ ਧਾਮੀ ਨੂੰ 118 ਵੋਟਾਂ ਪਈਆਂ। ਜਦੋਂਕਿ ਉਨ੍ਹਾਂ ਦੇ ਵਿਰੋਧੀ ਸੰਤ ਬਲਬੀਰ ਸਿੰਘ ਘੁੰਨਸ ਨੂੰ ਸਿਰਫ 17 ਵੋਟਾਂ ਪਈਆਂ। ਇਸ ਦੌਰਾਨ ਦੋ ਵੋਟਾਂ ਕੈਂਸਲ ਹੋ ਗਈਆਂ।
ਦੱਸ ਦਈਏ ਕਿ ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਮੁੜ ਉਮੀਦਵਾਰ ਬਣਾਇਆ ਗਿਆ ਸੀ, ਜਦੋਂਕਿ ਸੁਖਦੇਵ ਸਿੰਘ ਢੀਂਡਸਾ ਤੇ ਬੀਬੀ ਜਗੀਰ ਕੌਰ ਦੀ ਅਗਵਾਈ ਵਾਲੀਆਂ ਪੰਥਕ ਧਿਰਾਂ ਵੱਲੋਂ ਇਸ ਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਉਮੀਦਵਾਰ ਐਲਾਨਿਆ ਗਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ ਹੈ। ਇਹ ਚੋਣ ਹਰ ਸਾਲ ਹੁੰਦੀ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਚੱਲ ਰਹੇ ਜਨਰਲ ਇਜਲਾਸ ਵਿੱਚ 151 ਵਿੱਚੋਂ 136 ਮੈਂਬਰ ਹੀ ਹਾਜ਼ਰ ਹੋਏ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿੱਚ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਛੱਡ ਕੇ ਕੁੱਲ 185 ਮੈਂਬਰ ਹਨ, ਜਿਨ੍ਹਾਂ ਵਿੱਚੋਂ 29 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਤੇ 3 ਮੈਂਬਰ ਅਸਤੀਫ਼ਾ ਦੇ ਚੁੱਕੇ ਹਨ। ਸਦਨ ਵਿੱਚ ਇਸ ਵੇਲੇ ਕੁੱਲ 153 ਮੈਂਬਰ ਹਨ, ਜਿਨ੍ਹਾਂ ਵਿੱਚੋਂ ਅੱਜ 136 ਹੀ ਹਾਜ਼ਰ ਹੋਏ।